ਫਿਰੋਜ਼ਪੁਰ ‘ਚ ਮੁੱਖ ਰੇਲਵੇ ਟਰੈਕ ਉਤੇ ਕਿਸਾਨਾਂ-ਮਜ਼ਦੂਰਾਂ ਨੇ ਲਗਾਇਆ ਧਰਨਾ !

Agriculture

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਡੀ. ਸੀ. ਦਫਤਰ ਫਿਰੋਜ਼ਪੁਰ ਦੇ ਬਾਹਰ ਲਗਾਤਾਰ 2 ਦਿਨ ਰੋਸ ਧਰਨਾ ਦੇਣ ਤੋਂ ਬਾਅਦ ਮੰਗਾਂ ਸਬੰਧੀ ਸਰਕਾਰ ਵਲੋਂ ਕੋਈ ਕਾਰਵਾਈ ਨਾ ਹੁੰਦੀ ਦੇਖ ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂ, ਸੰਗਠਨਾਤਮਕ ਸੈਕਟਰੀ ਸੁਖਵਿੰਦਰ ਸਿੰਘ ਸਭਰਾ, ਜ਼ਿਲਾ ਪ੍ਰਧਾਨ ਸੁਖਦੇਵ ਸਿੰਘ ਮੰਡ ਅਤੇ ਸਾਹਿਬ ਸਿੰਘ ਦੀਨੇ ਕੇ ਦੀ ਅਗਵਾਈ ਹੇਠ ਫਿਰੋਜ਼ਪੁਰ ’ਚ ਰੇਲਵੇ ਟਰੈਕ ਨੂੰ ਜਾਮ ਕਰ ਦਿੱਤਾ।

ਰੇਲਵੇ ਟਰੈਕ ਵਿਚਕਾਰ ਬੈਠੇ ਸੈਂਕੜਿਆਂ ਕਿਸਾਨਾਂ ਨੇ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਤੇ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ। ਕਿਸਾਨਾਂ-ਮਜ਼ਦੂਰਾਂ ਨੇ ਬਸਤੀ ਟੈਂਕਾਂ ਵਾਲੀ ਫਿਰੋਜ਼ਪੁਰ ਦੇ ਰੇਲਵੇ ਟਰੈਕ ’ਤੇ ਬੈਠ ਕੇ ਸਰਕਾਰ ਖਿਲਾਫ ਰੋਸ ਵਿਖਾਵਾ ਕੀਤਾ ਅਤੇ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕਰਨ ਦੇ ਵਾਅਦੇ ਤੋਂ ਭੱਜ ਰਹੀ ਹੈ ਤੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਤੇ ਕਿਸਾਨਾਂ ਦੇ ਸਿਰ ਚਡ਼੍ਹੇ ਭਾਰੀ ਕਰਜ਼ੇ ਕਾਰਨ ਪੰਜਾਬ ਦੇ ਕਰੀਬ 900 ਕਿਸਾਨ ਬੀਤੇ 2 ਸਾਲਾਂ ’ਚ ਆਤਮ-ਹੱਤਿਆ ਕਰ ਚੁੱਕੇ ਹਨ।ਉਨ੍ਹਾਂ ਪੰਜਾਬ ਦੇ ਸਾਰੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰਨ, ਬੈਂਕਾਂ ਵੱਲੋਂ ਕਿਸਾਨਾਂ ਤੋਂ ਲਏ ਸਾਰੇ ਚੈੱਕ ਵਾਪਸ ਕਰਨ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਖੁਦਕੁਸ਼ੀ ਕਰ ਕੇ ਮਰੇ ਕਿਸਾਨਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਹੋਰ ਅਹੁਦੇਦਾਰਾਂ ਦੇ ਨਾਲ ਆਈ. ਜੀ. ਫਿਰੋਜ਼ਪੁਰ ਰੇਂਜ ਮੁਖਵਿੰਦਰ ਸਿੰਘ ਛੀਨਾ ਨੇ ਮੀਟਿੰਗ ਕੀਤੀ ਅਤੇ ਸੰਘਰਸ਼ ਕਮੇਟੀ ਵੱਲੋਂ 18 ਮੰਗਾਂ ਸਬੰਧੀ ਆਈ. ਜੀ. ਛੀਨਾ ਨੂੰ ਜਾਣਕਾਰੀ ਦਿੱਤੀ ਗਈ।ਸੰਪਰਕ ਕਰਨ ’ਤੇ ਆਈ. ਜੀ. ਨੇ ਦੱਸਿਆ ਕਿ ਉਨ੍ਹਾਂ ਪੰਜਾਬ ਪੱਧਰ ਦੀਆਂ ਮੰਗਾਂ ਸਬੰਧੀ 28 ਫਰਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੀਟਿੰਗ ਕਰਵਾਉਣ ਦਾ ਸਮਾਂ ਤੈਅ ਕੀਤਾ ਹੈ ਅਤੇ ਜ਼ਿਲਾ ਫਿਰੋਜ਼ਪੁਰ ਦੇ ਪੁਲਸ ਤੇ ਸਿਵਲ ਪ੍ਰਸ਼ਾਸਨ ਨਾਲ ਸਬੰਧਤ ਮੰਗਾਂ ਸਬੰਧੀ ਨਵੇਂ ਆਏ ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਅਤੇ ਡਿਪਟੀ ਕਮਿਸ਼ਨਰ ਦੇ ਨਾਲ ਮੀਟਿੰਗ ਕਰਵਾਈ ਜਾਵੇਗੀ ਅਤੇ ਉਨ੍ਹਾਂ ਦੀਆਂ ਜ਼ਿਲਾ ਪੱਧਰ ਦੀਆਂ ਮੁਸ਼ਕਲਾਂ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ 500 ਦੇ ਕਰੀਬ ਰੇਲਵੇ ਟਰੈਕ ’ਤੇ ਬੈਠੇ ਕਿਸਾਨਾਂ-ਮਜ਼ਦੂਰਾਂ ਨੇ ਆਪਣਾ ਧਰਨਾ ਚੁੱਕ ਲਿਆ ਹੈ ਅਤੇ ਰੇਲਵੇ ਟਰੈਕ ਖਾਲੀ ਕਰ ਦਿੱਤਾ ਹੈ, ਜੋ 2 ਰੇਲ ਗੱਡੀਆਂ ਟਰੈਕ ਜਾਮ ਹੋਣ ਕਾਰਨ ਪ੍ਰਭਾਵਿਤ ਹੋਈਆਂ ਸਨ, ਉਨ੍ਹਾਂ ਨੂੰ ਚਲਾ ਦਿੱਤਾ ਗਿਆ ਹੈ ਅਤੇ ਰੇਲ ਆਵਾਜਾਈ ਬਹਾਲ ਹੋ ਗਈ ਹੈ।